

ਮੋਗਾ, 13 ਫਰਵਰੀ (ਮੁਨੀਸ਼ ਜਿੰਦਲ)
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਸਰਬਜੀਤ ਸਿੰਘ ਧਾਲੀਵਾਲ, ਦੀ ਯੋਗ ਅਗਵਾਈ ਹੇਠ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ, ਮੈਡਮ ਕਿਰਨ ਜਯੋਤੀ ਨੇ ਬਿਰਧ ਆਸ਼ਰਮ, ਗੁਰਦੁਆਰਾ ਚੰਦ ਪੁਰਾਣਾ, ਮੋਗਾ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਮੀਟਿੰਗ ਦੌਰਾਨ ਜਿੱਥੇ ਬਜ਼ੁਰਗਾਂ ਦਾ ਹਾਲ ਚਾਲ ਪੁੱਛਿਆ, ਔਥੇ ਉਨ੍ਹਾਂ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਟ 2007 ਤਹਿਤ, ਹਰੇਕ ਬਜ਼ੁਰਗ ਨੂੰ ਆਪਣੇ ਬੱਚਿਆਂ ਤੋਂ ਖਰਚਾ ਲੈਣ ਦਾ ਅਧਿਕਾਰ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗ ਸਿਰਫ਼ ਆਪਣੇ ਪੁੱਤਰਾਂ ਤੋਂ ਹੀ ਨਹੀਂ ਸਗੋਂ ਧੀਆਂ ਤੋਂ ਵੀ ਖ਼ਰਚਾ ਲੈਣ ਦੇ ਹੱਕਦਾਰ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਹੜੇ ਬਜ਼ੁਰਗ ਆਪਣੀ ਜਾਇਦਾਦ ਆਪਣੇ ਬੱਚਿਆਂ ਦੇ ਨਾਂ ‘ਤੇ ਟਰਾਂਸਫਰ ਕਰਵਾਉਂਦੇ ਹਨ, ਪਰ ਬਾਅਦ ਵਿੱਚ ਬੱਚੇ ਬਜ਼ੁਰਗਾਂ ਨੂੰ ਖਰਚਾ ਵੀ ਨਹੀਂ ਦਿੰਦੇ। ਸਗੋਂ ਘਰੋਂ ਕੱਢ ਦਿੰਦੇ ਹਨ, ਅਜਿਹੇ ਹਾਲਾਤਾਂ ਵਿੱਚ ਬਜ਼ੁਰਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨਾਲ ਸੰਪਰਕ ਕਰ ਸਕਦੇ ਹਨ। ਅਤੇ ਉਹਨਾਂ ਦੀ ਜਾਇਦਾਦ ਨੂੰ ਮੁੜ ਪ੍ਰਾਪਤ ਕਰਨ ਲਈ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਹਰੇਕ ਬਜ਼ੁਰਗ ਵਿਅਕਤੀ/ ਔਰਤ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਜਿਸ ਵਿੱਚ ਵਕੀਲ ਦਾ ਸਾਰਾ ਖਰਚਾ ਅਤੇ ਕਾਗਜ਼ਾਤ ਅਥਾਰਟੀ ਵੱਲੋ ਦਿੱਤਾ ਜਾਂਦਾ ਹੈ। ਇਸ ਮੌਕੇ ਜੱਜ ਸਾਹਿਬ ਨੇ ਬਜ਼ੁਰਗਾਂ ਤੋਂ ਆਸ਼ਰਮ ਦੇ ਪ੍ਰਬੰਧਾਂ ਬਾਰੇ ਵੀ ਪੁੱਛਗਿੱਛ ਕੀਤੀ। ਜਿਸਦੇ ਬਜ਼ੁਰਗਾਂ ਵੱਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ।

