‘ਯੁੱਧ ਨਸ਼ਿਆਂ ਵਿਰੁੱਧ’ ! ਨਸ਼ਿਆਂ ਦੇ ਖਾਤਮੇ ਲਈ ਆਮ ਲੋਕ, ਪੁਲਿਸ ਨੂੰ ਸਹਿਯੋਗ ਦੇਣ: ADGP ਵਰਮਾ !!
ਬਾਘਾਪੁਰਾਣਾ/ ਮੋਗਾ, 27 ਮਾਰਚ (ਮੁਨੀਸ਼ ਜਿੰਦਲ/ ਰਿੱਕੀ ਆਨੰਦ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਵਲੋਂ ਆਰੰਭ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਿਲ੍ਹਾ ਮੋਗਾ ਵਿੱਚ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਪੁਲਿਸ ਸ਼ਿਵੇ ਕੁਮਾਰ ਵਰਮਾ ਨੇ ਕਿਹਾ ਹੈ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਵੀਰਵਾਰ ਨੂੰ ਸਥਾਨਕ ਮੈਰਿਜ ਪੈਲੇਸ ਵਿਖੇ ਰੱਖੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਬਲਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਹੈ, ਜਿਸ ਵਿੱਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ ਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ ਭੋਲੇ ਭਾਲੇ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਤੁਸੀਂ ਇਤਲਾਹ ਪੁਲਿਸ ਨੂੰ ਜਰੂਰ ਦਿਓ ਪੁਲਿਸ ਵੱਲੋਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ADGP ਵਰਮਾ, DIG ਅਸ਼ਵਨੀ ਸਣੇ ਹੋਰ, ਸਕੂਲੀ ਵਿਦਿਆਰਥਣਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਮੌਕੇ। ਉਹਨਾਂ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਪੁਲਿਸ ਜਨਤਕ ਸਹਿਯੋਗ ਦੇ ਨਾਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹਨ ਉਨ੍ਹਾਂ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਕਰਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਨਾਲ ਨਾਲ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸ਼ਾਨਦਾਰ ਉਪਰਾਲੇ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਵੱਲੋਂ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਯੂਥ ਦੀ ਊਰਜਾ ਨੂੰ ਸਹੀ ਜਗ੍ਹਾ ਉੱਤੇ ਵਰਤਿਆ ਜਾਵੇ, ਜਿਸਦੇ ਬਿਹਤਰ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਮੌਕੇ ਤੇ DIG ਫ਼ਰੀਦਕੋਟ ਰੇਂਜ ਅਸ਼ਵਨੀ ਕਪੂਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਜੇ ਗਾਂਧੀ ਨੇ ਵੀ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ, ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਲਗਾਤਾਰ ਜਾਰੀ ਰੱਖੀ ਜਾਵੇਗੀ, ਜਿਸ ਦੇ ਜਲਦ ਹੀ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਹਨਾਂ ਕਿਹਾ ਕਿ ਆਪਣੇ ਘਰਾਂ, ਪਰਿਵਾਰਾਂ, ਦੋਸਤਾਂ, ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿਥ ਕੇ ਪੂਰੀ ਤਨਦੇਹੀ ਨਾਲ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਇਸ ਕੋਹੜ ਦਾ ਸਫਾਇਆ ਕੀਤਾ ਜਾ ਸਕੇ। ਮੀਟਿੰਗ ਦੌਰਾਨ ਹਾਜ਼ਰ ਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ, ਨੌਜ਼ਵਾਨਾਂ ਅਤੇ ਵਿਦਿਆਰਥੀਆਂ ਨੇ ਇਕਜੁੱਟਤਾ ਨਾਲ ਸਰਗਰਮ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ। ਸਮਾਗਮ ਦੌਰਾਨ ਮਨੋਰੋਗ ਮਾਹਿਰ ਡਾਕਟਰ ਚਰਨਪ੍ਰੀਤ ਸਿੰਘ ਬਰਾੜ ਨੇ ਨਸ਼ਿਆਂ ਨਾਲ ਸਬੰਧਤ ਜਾਗਰੂਕਤਾ ਲੈਕਚਰ ਵੀ ਦਿੱਤਾ।ਇਸ ਮੌਕੇ ਬਾਘਾਪੁਰਾਣਾ ਦੇ SDM ਬੇਅੰਤ ਸਿੰਘ ਸਿੱਧੂ, SPH ਗੁਰਸ਼ਰਨਜੀਤ ਸਿੰਘ ਸੰਧੂ, SPD ਬਾਲ ਕ੍ਰਿਸ਼ਨ ਸਿੰਗਲਾ, SHO ਜਸਬਰਿੰਦਰ ਸਿੰਘ ਸਣੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...
