

ਮੋਗਾ, 5 ਮਈ (ਮੁਨੀਸ਼ ਜਿੰਦਲ)
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ 10 ਮਈ, 2025 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ, ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਬਜੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉੱਥੇ ਉਨਾਂ ਦਾ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਨਾਲ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳਣ ਨੂੰ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਉਨਾਂ ਜਾਣਕਾਰੀ ਦਿੱਤੀ ਕਿ ਕਿਸੇ ਵੀ ਤਰਾਂ ਦੀ ਕਾਨੂੰਨੀ ਸਹਾਇਤਾ/ ਸਲਾਹ ਲਈ 15100 ਡਾਇਲ ਕੀਤਾ ਜਾ ਸਕਦਾ ਹੈ ਜਾਂ ਦਫ਼ਤਰ ਦੇ ਫੋਨ ਨੰਬਰ 01636-235864 ਜਾਂ ਈਮੇਲ ਆਈ.ਡੀ.dlsa.moga@punjab.gov.in. ਤੇ ਸੰਪਰਕ ਕੀਤਾ ਜਾ ਸਕਦਾ ਹੈ।