logo

ਨਰੇਗਾ ਮੁਲਾਜਮਾਂ ਨੇ ਪੰਜਾਬ ਸਰਕਾਰ ਦੀ ਅਣਦੇਖੀ ਦੇ ਚਲਦਿਆਂ, ਸਾੜੀ ਸਰਕਾਰੀ ਵਾਅਦਿਆਂ ਦੀ ਪੰਡ !!

ਨਰੇਗਾ ਮੁਲਾਜਮਾਂ ਨੇ ਪੰਜਾਬ ਸਰਕਾਰ ਦੀ ਅਣਦੇਖੀ ਦੇ ਚਲਦਿਆਂ, ਸਾੜੀ ਸਰਕਾਰੀ ਵਾਅਦਿਆਂ ਦੀ ਪੰਡ !!

ਮੋਗਾ 12 ਮਾਰਚ (ਮੁਨੀਸ਼ ਜਿੰਦਲ)

ਪਿਛਲੇ 16 ਸਾਲਾਂ ਤੋਂ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ ਸੰਘਰਸ਼ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਬੁਧਵਾਰ ਨੂੰ ਜਿਲਾ ਪ੍ਰਧਾਨ ਹਰਜਿੰਦਰ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਇਕੱਠੇ ਹੋਏ ਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਅਤੇ ਮੇਟਾਂ ਵੱਲੋਂ ਵੀ ਡਟ ਕੇ ਸਾਥ ਦਿੱਤਾ ਗਿਆ। ਇਸ ਮੌਕੇ ਤੇ ਮੁਲਾਜਮਾਂ ਨੇ ਇਕੱਠਿਆਂ ਹੋਕੇ ਰੋਸ਼ ਮਾਰਚ ਕੱਢਦੇ ਹੋਏ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਸਿਰ ਤੇ ਚੁੱਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ। ਜਿਸਤੋਂ ਬਾਦ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ, ਹਰਜਿੰਦਰ ਸਿੰਘ ਨੇ ਕਿਹਾ ਕਿ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਜਦੋਂ ਕੋਈ ਵੀ ਇਨਸਾਨ ਮਿਹਨਤ ਕਰਕੇ ਕੁੱਝ ਬਣ ਸਕਦਾ ਹੈ, ਉਹ ਸਮਾਂ ਸਾਡਾ ਨਰੇਗਾ ਲੇਖੇ ਲੱਗ ਚੁੱਕਾ ਹੈ। ਸਮੇਂ ਸਮੇਂ ਤੇ ਸਾਰੀਆਂ ਰਾਜਨੀਤਕ ਪਾਰਟੀਆਂ ਦੀਆਂ ਸਰਕਾਰਾਂ ਅਸੀਂ ਪੰਜਾਬ ਵਿੱਚ ਵੇਖ ਲਈਆਂ ਹਨ। ਹਰ ਪਾਰਟੀ ਦੀ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਦੱਬ ਕੇ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ। 

ਪਿਛਲੀਆਂ ਸਰਕਾਰਾਂ ਵੱਲੋਂ ਵੀ ਆਪਣੇ ਕਾਰਜਕਾਲ ਦੇ ਆਖ਼ਰੀ ਮੌਕੇ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪਾਲਿਸੀ ਬਣਾਉਣ ਦਾ ਦੱਬ ਕੇ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ। ਪਰ ਕਿਸੇ ਵੀ ਸਰਕਾਰ ਦੀ ਪਾਲਿਸੀ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਨਹੀਂ ਕਰਵਾਇਆ। ਮੌਜੂਦਾ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਗ ਅਲਾਪਿਆ ਜਾ ਰਿਹਾ ਹੈ। ਸਰਕਾਰ ਵੱਲੋਂ ਪਾਲਿਸੀ ਵੀ ਬਣਾਈ ਗਈ। ਨਰੇਗਾ ਮੁਲਾਜ਼ਮਾਂ ਨੂੰ ਪਾਲਿਸੀ ਅਧੀਨ ਲਿਆ ਕੇ ਪੱਕੇ ਕਰਨ ਦੀ ਸਾਰੀ ਪ੍ਰਕਿਰਿਆ ਪੂਰੀ ਹੋ ਵੀ ਚੁੱਕੀ ਹੈ। ਪ੍ਰੋਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੀਆਂ ਲੋੜੀਂਦੀ ਮਨਜ਼ੂਰੀਆਂ ਪੰਚਾਇਤ ਵਿਭਾਗ ਨੂੰ ਭੇਜੀਆਂ ਜਾ ਚੁੱਕੀਆਂ ਹਨ। ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਦੇਣ ਦੇ ਵੀ ਹੁਕਮ ਜਾਰੀ ਹੋ ਚੁੱਕੇ ਹਨ ਪ੍ਰੰਤੂ ਇੱਕ ਸਾਲ ਦਾ ਸਮਾਂ ਲੰਘ ਚੁੱਕਾ ਹੈ। ਵਿਭਾਗ ਵੱਲੋਂ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ। ਦੂਜੇ ਪਾਸੇ ਨਿੱਤ ਦਿਨ ਨਰੇਗਾ ਮੁਲਾਜ਼ਮਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਟਾਰਗੇਟ ਦਿੱਤੇ ਜਾ ਰਹੇ ਹਨ। ਜੋ ਦੋ ਦੋ ਸਾਲ ਲਈ ਉਧਾਰ ਮਟੀਰੀਅਲ ਚੁੱਕ ਕੇ ਕਰਵਾਉਣੇ ਪੈ ਰਹੇ ਹਨ। 

DC ਸਾਗਰ ਸੇਤੀਆ ਨੂੰ ਮੰਗ ਪੱਤਰ ਦਿੰਦੇ ਜੱਥੇਬੰਦੀ ਦੇ ਆਗੂ।

ਜਿਲਾ ਪ੍ਰਧਾਨ ਹਰਜਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਹਾਲਾਂਕਿ ਸਰਕਾਰ ਦੇ ਨਾ ਤਾਂ ਖਜ਼ਾਨੇ ਤੇ ਕੋਈ ਵਾਧੂ ਬੋਝ ਪੈਂਦਾ ਹੈ ਨਾ ਹੀ ਸਰਕਾਰ ਇਸ ਪਾਲਿਸੀ ਰਾਹੀਂ ਪੂਰੀ ਤਰ੍ਹਾਂ ਪੱਕੇ ਹੀ ਕਰ ਰਹੀ ਹੈ। ਸਿਰਫ਼ ਮੁਲਾਜ਼ਮਾਂ ਨੂੰ 58 ਸਾਲ ਦੀ ਉਮਰ ਤੱਕ ਨੌਕਰੀ ਸੁਰੱਖਿਆ ਹੀ ਮਿਲੇਗੀ। ਫਿਰ ਵੀ ਵਿਭਾਗ ਦੀ ਅਫ਼ਸਰਸ਼ਾਹੀ ਦੀ ਨਲਾਇਕੀ ਅਤੇ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈਕੇ ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ। ਵਿਭਾਗ ਦੇ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੂੰ ਵੀ ਕਈ ਵਾਰ ਮਿਲ ਕੇ ਮਸਲੇ ਦਾ ਹੱਲ ਕਰਨ ਦੀ ਬੇਨਤੀ ਕਰ ਚੁੱਕੇ ਹਾਂ ਪ੍ਰੰਤੂ ਉਨ੍ਹਾਂ ਵੱਲੋਂ ਮੀਟਿੰਗ ਲਈ ਸਮਾਂ ਹੀ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਰੋਸ਼ ਵਜੋਂ 5 ਮਾਰਚ ਤੋਂ ਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਠੱਪ ਪਏ ਹਨ, ਮੁਲਾਜ਼ਮ ਹੜਤਾਲ ਤੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਇਸ ਮਸਲੇ ਵਿੱਚ ਦਖਲ ਦੇਣ ਅਤੇ ਮੁਲਾਜ਼ਮਾਂ ਨੂੰ ਸਰਕਾਰ ਦੇ ਵਾਅਦੇ ਅਨੁਸਾਰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਜਾਂ ਵਿਭਾਗ ਨੇ ਅਣਗੌਲਿਆਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਇਸ ਤੋਂ ਵੀ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਜੱਥੇਬੰਦੀ ਵੱਲੋਂ ਸਰਕਾਰ ਨੂੰ ਆਵਦਾ ਮੰਗ ਪੱਤਰ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ।   

ਇਸ ਮੌਕੇ ਤੇ ਬਲਾਕ ਪ੍ਰਧਾਨ ਗੁਰਦੀਪਸਿੰਘ, ਮੋਗਾ 1 ਸੁਖਵਿੰਦਰ ਸਿੰਘ, ਰਵਿੰਦਰ ਸਿੰਘ, ਲਖਵੀਰ ਸਿੰਘ ਮੀਤ ਪ੍ਰਧਾਨ ਮੋਗਾ, ਮਹਾਵੀਰ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।

administrator

Related Articles

Leave a Reply

Your email address will not be published. Required fields are marked *

error: Content is protected !!