
ਮੋਗਾ, 24 ਮਾਰਚ (ਮੁਨੀਸ਼ ਜਿੰਦਲ)
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਮੂਹ ਕਲੱਸਟਰ ਹੈੱਡ ਟੀਚਰਜ਼ ਨਾਲ ਮੀਟਿੰਗ ਕੀਤੀ ਗਈ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਭਾਰਦਵਾਜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਤੇ ਮੌਜੂਦ, ਸਿੱਖਿਆ ਵਿਭਾਗ ਦੇ ਅਧਿਕਾਰੀ ‘ਤੇ ਅਧਿਆਪਕ।
ਸਾਗਰ ਸੇਤੀਆ ਨੇ ਕਿਹਾ ਕਿ ਸੂਬੇ ਵਿੱਚ ਨਸ਼ੇ ਦੇ ਫੈਲਾਅ ਨੂੰ ਰੋਕਣ ਲਈ ਜਰੂਰੀ ਹੈ ਕਿ ਸਕੂਲ ਵਿਦਿਆਰਥੀਆਂ ਨੂੰ ਨਸ਼ੇ ਦੀ ਅਲਾਮਤ ਤੋਂ ਬਚਾਇਆ ਜਾਵੇ। ਉਹਨਾਂ ਕਿਹਾ ਕਿ ਕਲੱਸਟਰ ਹੈੱਡ ਟੀਚਰਜ਼ ਇਸ ਦਿਸ਼ਾ ਵਿੱਚ ਬਹੁਤ ਵਧੀਆ ਰੋਲ ਅਦਾ ਕਰ ਸਕਦੇ ਹਨ। ਉਹਨਾਂ ਸਕੂਲਾਂ ਦੇ ਅੰਦਰ ਬਾਹਰ ਮਾਹੌਲ ਬਾਰੇ ਫੀਡਬੈਕ ਭੇਜਣ ਅਤੇ ਬੱਚਿਆਂ ਵਿੱਚ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਅਧਿਆਪਕ ਨੂੰ ਜੇਕਰ ਲੱਗਦਾ ਹੈ ਕਿ ਬੱਚੇ ਦੇ ਸੁਭਾਅ ਜਾਂ ਵਰਤਾਅ ਵਿੱਚ ਕੋਈ ਤਬਦੀਲੀ ਆਈ ਹੈ ਤਾਂ ਅਧਿਆਪਕ ਨੂੰ ਇਸ ਬਾਰੇ ਤੁਰੰਤ ਮਾਪਿਆਂ ਨਾਲ ਗੱਲ ਕਰਨੀ ਚਾਹੀਦੀ ਹੈ। ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਸਕੂਲ ਬਸਤਿਆਂ ਦੀ ਸਮੇਂ ਸਮੇਂ ਉੱਤੇ ਚੈਕਿੰਗ ਹਿੰਦੀ ਰਹਿਣੀ ਚਾਹੀਦੀ ਹੈ, ਤਾਂ ਜੋ ਜੇਕਰ ਕਿਸੇ ਬੱਚੇ ਕੋਲ ਕੋਈ ਨਸ਼ੀਲੀ ਸਮੱਗਰੀ ਪ੍ਰਾਪਤ ਹੁੰਦੀ ਹੈ ਤਾਂ ਸਮੇਂ ਰਹਿੰਦੇ ਉਸਦੇ ਮਾਪਿਆਂ ਨੂੰ ਜਾਣੂ ਕਰਾਉਣ ਦੇ ਨਾਲ ਨਾਲ ਉਸਦਾ ਇਲਾਜ਼ ਸ਼ੁਰੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਜਾਂ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ 9779100200 ਦੀ ਵਰਤੋਂ ਕਰ ਸਕਦੇ ਹਨ। ਇਸ ਨੰਬਰ ਉੱਤੇ ਫੋਨ ਕਰਨ ਵਾਲੇ ਦੀ ਹਰ ਤਰ੍ਹਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਇਸ ਤੋਂ ਇਲਾਵਾ ਉਹਨਾਂ ਸਕੂਲ ਮੁੱਖੀਆਂ ਨੂੰ ਸਕੂਲਾਂ ਵਿੱਚ ਵਧੀਆ ਮਾਹੌਲ ਬਨਾਉਣ ਦੇ ਨਾਲ ਨਾਲ ਸਕੂਲ ਦੀਆਂ ਮੁੱਖ ਲੋੜਾਂ ਬਾਰੇ ਰਿਪੋਰਟ ਭੇਜਣ ਦੀ ਵੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਾਪਤ ਫੰਡਾਂ ਦੀ ਸੁਚੱਜੀ ਵਰਤੋਂ ਕਰਨੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

