
ਮੋਗਾ, 8 ਜੁਲਾਈ, (ਮੁਨੀਸ਼ ਜਿੰਦਲ)
ਜਿਲ੍ਹੇ ਵਿੱਚ ਕੁਝ ਪਲੇਅ ਵੇਅ ਸਕੂਲ ਬਿਨ੍ਹਾਂ ਕਿਸੇ ਰਜਿਸਟ੍ਰੇਸ਼ਨ ਅਣ ਅਧਿਕਾਰਿਤ ਤਰੀਕੇ ਜਾਂ ਰਿਹਾਇਸ਼ੀ ਇਮਾਰਤਾਂ ਵਿੱਚ ਬਿਨਾਂ ਕਿਸੇ ਸੁਰੱਖਿਆ ਪ੍ਰਬੰਧਾਂ ਦੇ ਚੱਲ ਰਹੇ ਹਨ। ਜੋ ਕਿ ਬੱਚਿਆਂ ਦੀ ਸੁਰੱਖਿਆ ਲਈ ਬਹੁਤ ਵੱਡਾ ਖਤਰਾ ਹੈ। ਇਸਨੂੰ ਗੰਭੀਰਤਾ ਨਾਲ ਲੈਂਦਿਆ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸੀਨੀਅਰ ਕਪਤਾਨ ਪੁਲਿਸ, ਸਮੂਹ ਉਪ ਮੰਡਲ ਮੈਜਿਸਟਰੇਟਸ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਸਥਾਨਕ ਸੰਸਥਾਵਾਂ (ਨਗਰ ਕੌਂਸਲਾਂ/ ਨਗਰ ਪੰਚਾਇਤਾਂ/ ਗ੍ਰਾਮ ਪੰਚਾਇਤਾਂ) ਲੋਕਲ ਪੁਲਿਸ ਦੀ ਸਹਾਇਤਾ ਨਾਲ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਅਣ ਰਜਿਸਟਰਡ ਪਲੇਅ ਵੇਅ ਸਕੂਲ/ ਰਿਹਾਇਸ਼ੀ ਇਮਾਰਤਾਂ ਵਿੱਚ ਚੱਲ ਰਹੇ ਸਕੂਲਾਂ ਦੀ ਸੂਚੀ ਸਮੇਤ ਪਤਾ ਤਿਆਰ ਕਰਨ। ਉਹਨਾਂ ਕਿਹਾ ਕਿ ਅਣ ਰਜਿਸਟਰਡ ਪਲੇਅ ਵੇਅ ਸਕੂਲ/ ਰਿਹਾਇਸ਼ੀ ਇਮਾਰਤਾਂ ਵਿੱਚ ਚੱਲ ਰਹੇ ਸਕੂਲਾਂ ਦੀ ਸੂਚਨਾ ਇਕੱਤਰ ਕਰਕੇ, ਰਜਿਸਟਰਡ ਪਲੇਅ ਵੇਅ ਸਕੂਲਾਂ ਦਾ ਨਿਰੀਖਣ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਰੀਖਣ ਵਿੱਚ ਬੁਨਿਆਦੀ ਢਾਂਚੇ ਦੀ ਪੂਰਤੀ ਅਤੇ ਬੱਚਿਆਂ ਲਈ ਅਨੁਕੂਲ ਸਹੂਲਤਾਂ ਦੀ ਉਪਲਬਧਤਾ, ਸੁਰੱਖਿਆ ਨਿਯਮਾਂ ਦੀ ਪਾਲਣਾ ਜਿਸ ਵਿੱਚ ਫਾਇਰ ਸੇਫ਼ਟੀ, ਸਫਾਈ, ਬਿਲਡਿੰਗ ਸੇਫ਼ਟੀ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਏ.ਸੀ./ ਪੱਖੇ ਅਤੇ ਇਮਾਰਤ ਦੀ ਚਾਰ ਦੀਵਾਰੀ ਆਦਿ, ਭਾਰਤ/ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਪਲੇਅ ਵੇਅ ਸਕੂਲ ਸਬੰਧੀ ਬਾਲ ਸੁਰੱਖਿਆ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ, ਸਟਾਫ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ, ਰਜਿਸਟਰਡ ਪਲੇਅ ਵੇਅ ਸਕੂਲਾਂ ਵਿੱਚ ਨੋਟ ਕੀਤੀਆਂ ਗਈਆਂ ਕਮੀਆਂ ਅਤੇ ਸੁਧਾਰਾਤਮਕ ਉਪਾਵਾਂ ਜਾਂ ਕਾਰਵਾਈ ਲਈ ਸਿਫ਼ਾਰਸ਼ਾਂ ਆਦਿ ਨੁਕਤੇ ਸ਼ਮਿਲ ਹੋਣਗੇ। ਉਹਨਾਂ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨਾਲ ਸਬੰਧਿਤ ਮਾਮਲਾ ਹੋਣ ਕਰਕੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਰਿਪੋਰਟ ਨਿੱਜੀ ਤੌਰ ਤੇ 15 ਜੁਲਾਈ ਨੂੰ ਪੇਸ਼ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਰਜਿਸਟਰਡ ਜਾਂ ਅਣਰਜਿਸਟਰਡ ਤਰੀਕੇ ਜਾਂ ਰਿਹਾਇਸ਼ੀ ਇਮਾਰਤਾਂ ਵਿੱਚ ਬਿਨ੍ਹਾਂ ਕਿਸੇ ਸੁਰੱਖਿਆ ਪ੍ਰਬੰਧਾਂ ਜਾਂ ਬੇਨਿਯਮੀਆਂ ਨਾਲ ਕੋਈ ਵੀ ਪਲੇਅ ਵੇਅ ਸਕੂਲ ਪਾਇਆ ਗਿਆ, ਤਾਂ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।