
ਮੋਗਾ 29 ਜੁਲਾਈ, (ਮੁਨੀਸ਼ ਜਿੰਦਲ)
ਰਾਸ਼ਟਰੀ ਸਿੱਖਿਆ ਨੀਤੀ 2020 ਦੀ ਪੰਜਵੀਂ ਵਰ੍ਹੇਗੰਢ ਨੂੰ ਸਮਰਪਿਤ ਅਖਿਲ ਭਾਰਤੀ ਸਿੱਖਿਆ ਸਮਾਗਮ ਨਵੀਂ ਦਿੱਲੀ ਦੇ ਭਾਰਤ ਮੰਡਪ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਇਸ ਨੀਤੀ ਨੂੰ ਲਾਗੂ ਕਰਨ ਤੋਂ ਬਾਅਦ ਹੁਣ ਤੱਕ ਹੋਈ ਪ੍ਰਗਤੀ ਦੀ ਸਮੀਖਿਆ ਕਰਨਾ ਸੀ। ਇਸ ਸਮਾਗਮ ਦਾ ਉਦਘਾਟਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕੀਤਾ। ਇਹ ਪੂਰਾ ਸੰਮੇਲਨ ਮੁੱਖ ਵਿਸ਼ਿਆਂ ‘ਤੇ ਕੇਂਦ੍ਰਿਤ ਸੀ, ਜਿਸ ਵਿੱਚ ਉਹਨਾਂ ਨੇ ਭਾਰਤੀ ਰਾਸ਼ਟਰੀ ਸਿੱਖਿਆ ਨੀਤੀ 2020 ਦੀ ਮਹਤੱਤਾ ‘ਤੇ ਚਾਨਣਾ ਪਾਇਆ ਅਤੇ ਆਧੁਨਿਕ ਤਕਨਾਲੋਜੀ ਨੂੰ ਇਸਤੇਮਾਲ ਕਰਕੇ ਹੁਨਰ ਅਧਾਰਿਤ ਸਿੱਖਿਆ ਨੂੰ ਪ੍ਰੋਤਸਾਹਿਤ ਕੀਤਾ।

ਇਸ ਬਾਰੇ ਜਾਣਕਾਰੀ ਦਿੰਦਿਆ ਪੀਐੱਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਮੀਨਾ ਨੇ ਦੱਸਿਆ ਕਿ ਸਮੂਹ ਵਿਦਿਆਲੇ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਵੀ ਇਹ ਸਿੱਧਾ ਪ੍ਰਸਾਰਨ ਦਿਖਾਇਆ ਗਿਆ। ਇਸ ਪ੍ਰਸਾਰਨ ਵਿੱਚ ਰਾਸ਼ਟਰੀ ਸਿੱਖਿਆ ਨੀਤੀ 2020 ਦੇ 5 ਸਾਲਾਂ ਵਿਚ ਆਏ ਬਦਲਾਅ ਬਾਰੇ ਚਾਨਣਾ ਪਾਇਆ ਗਿਆ। ਇਸ ਪ੍ਰਸਾਰਨ ਵਿੱਚ ਵਿਡੀਓਜ਼ ਰਾਹੀਂ ਪੀਐੱਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਦੀਆਂ ਗਤੀਵਿਧੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ, ਜੋ ਕਿ ਵਿਦਿਆਲੇ ਲਈ ਬਹੁਤ ਮਾਣ ਵਾਲ਼ੀ ਗੱਲ ਹੈ।
ਉਹਨਾਂ ਦੱਸਿਆ ਕਿ ਇਸ ਸਿੱਧੇ ਪ੍ਰਸਾਰਨ ਵਿੱਚ ਮੋਗਾ ਜ਼ਿਲ੍ਹੇ ਦੇ ਉੱਚ ਅਧਿਕਾਰੀ,ਸਮਾਜਿਕ ਕਾਰਜਕਰਤਾ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।