
ਮੋਗਾ, 11 ਦਸੰਬਰ (ਮੁਨੀਸ਼ ਜਿੰਦਲ)
14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਰਿਹਰਸਲ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਨਿਰਧਾਰਤ ਵੱਖ ਵੱਖ ਸਥਾਨਾਂ ਤੇ ਕਰਵਾਈ ਗਈ। ਇਸ ਦੌਰਾਨ ਸਮੂਹ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਚੋਣ ਅਮਲੇ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ।

ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਸਮੂਹ ਪੋਲਿੰਗ ਅਫ਼ਸਰਾਂ ਤੇ ਸਟਾਫ਼ ਨੂੰ ਸੌਂਪੀਆਂ ਗਈਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਅਤੇ ਚੋਣ ਪ੍ਰਬੰਧਾਂ ਨੂੰ ਸੁਚਾਰੂ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਵੋਟਾਂ ਵਾਲੇ ਦਿਨ ਪੂਰੀ ਮੁਸਤੈਦੀ ਵਰਤਣ ਅਤੇ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣ।
ਉਨਾ ਦੱਸਿਆ ਕਿ ਤੀਜੀ ਰਿਹਰਸਲ 13 ਦਸੰਬਰ ਨੂੰ ਹੋਵੇਗੀ ਅਤੇ ਇਸ ਮੌਕੇ ਹੀ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਰਵਾਨਾ ਕੀਤਾ ਜਾਵੇਗਾ।

